ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ ਗਿਆਨੀ ਹਰਪ੍ਰੀਤ ਸਿੰਘ, ਕਿਹਾ- ਅਗਲੇ ਹੁਕਮਾਂ ਤਕ ਨਿਭਾਉਂਦਾ ਰਹਾਂਗਾ ਸੇਵਾਵਾਂ

ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpeet Sahib) ਦਾ ਵਿਰਸਾ ਸਿੰਘ ਵਲਟੋਹਾ ਦੇ ਨਾਲ ਚੱਲ ਰਹੇ ਮਾਮਲੇ ਨੂੰ ਵਿਸ਼ਰਾਮ ਲੱਗਦਾ ਨਜ਼ਰ ਆ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਲਈ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵੀ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਰਿਹਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਿੱਖ ਜਥੇਬੰਦੀਆਂ , ਸੰਪਰਦਾਵਾਂ ਸੰਗਤਾਂ ਨੇ ਉਨ੍ਹਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣl ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਸੰਸਥਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਇਸ ਲਈ ਇਹ ਮਨ ਬਣਾਇਆ ਹੈ ਕਿ ਜਦ ਤਕ ਗੁਰੂ ਸਾਹਿਬ ਸੇਵਾ ਲੈਣੀ ਚਾਹੁਣ ਉਹ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਪਰ ਜਥੇਬੰਦੀਆਂ ਸੰਪਰਦਾਵਾਂ ਸੰਸਥਾਵਾਂ ਅਤੇ ਸੰਗਤਾਂ ਦਾ ਸਤਿਕਾਰ ਕਰਨਾ ਉਨ੍ਹਾਂ ਹੁਕਮ ਆਦੇਸ਼ ਨੂੰ ਮੰਨਣਾ ਵੀ ਮੈਂ ਆਪਣਾ ਫਰਜ਼ ਸਮਝਦਾ ਹਾਂI ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਆਪ ਸਹਾਈ ਹੋ ਕੇ ਉਨ੍ਹਾਂ ਦੀ ਸੁਰੱਖਿਆ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਬੰਦ ਕਮਰਾ ਮੀਟਿੰਗ ਕੀਤੀ l

Leave a Reply

Your email address will not be published. Required fields are marked *