ਨਵੀਂ ਦਿੱਲੀ : ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਰਾਹਤ ਮਿਲੀ ਹੈ। ਸਤੇਂਦਰ ਜੈਨ ਕਰੀਬ 18 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਮਈ 2022 ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਉਹ ਦਿੱਲੀ ਦੇ ਸਿਹਤ ਮੰਤਰੀ ਸਨ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਅਦਾਲਤ ‘ਚ ਮੌਜੂਦ ਸਤੇਂਦਰ ਜੈਨ ਦੀ ਪਤਨੀ ਜ਼ਮਾਨਤ ‘ਤੇ ਫੈਸਲਾ ਸੁਣ ਕੇ ਰੋਣ ਲੱਗ ਪਈ। ਸਤਿੰਦਰ ਜੈਨ ਦੇ ਬਾਹਰ ਆਉਂਦੇ ਹੀ ਆਮ ਆਦਮੀ ਪਾਰਟੀ ਦੇ ਲਗਪਗ ਸਾਰੇ ਆਗੂ ਜੇਲ੍ਹ ਤੋਂ ਬਾਹਰ ਆ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵਕਫ ਬੋਰਡ ਘੁਟਾਲੇ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ। ਹਾਲ ਹੀ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਨੂੰ ਵੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।