ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਨੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ। ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਦੇ ਸਾਬਕਾ ਵਿਧਾਇਕ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀਆਂ ’ਚੋਂੋਂ ਹਨ।
‘ਆਪ’ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲੰਬੇ ਸਮੇਂ ਤੋਂ ਇਸੇ ਹਲਕੇ ਦੇ ਇੰਚਾਰਜ ਵਜੋਂ ਕੰਮਕਾਜ ਦੇਖ ਰਹੇ ਸਨ। ਉਹ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ।