ਡੇਰਾ ਬਾਬਾ ਨਾਨਕ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਉਰਫ ਸੋਨੂੰ ਲੰਗਾਹ ਨੂੰ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਨ ਨੇ ਲੰਗਾਹ ਵੱਲੋਂ ਐਲਾਨੇ ਉਮੀਦਵਾਰ ਸਬੰਧੀ ਕੋਈ ਪ੍ਰਤੀਕਰਮ ਨਹੀਂ ਦਿੱਤਾ। ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਆਪਣੇ ਪੁੱਤ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਦੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਲੀਡਰਸ਼ਿਪ ਨਾਲ ਗੱਲ ਕਰਨ ਦਾ ਯਤਨ ਕੀਤਾ ਤਾਂ ਕਿਸੇ ਨੇ ਫੋਨ ਨਾ ਚੁੱਕਿਆ। ਜਥੇਦਾਰ ਲੰਗਾਹ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਲਕੇ ਤੋਂ ਚੋਣ ਨਹੀਂ ਲੜਨਗੇ, ਬਲਕਿ ਉਨ੍ਹਾਂ ਦਾ ਪੁੱਤ ਸੋਨੂੰ ਲੰਗਾਹ ਉਮੀਦਵਾਰ ਹੋਵੇਗਾ। ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਲੰਘੇ ਕਰੀਬ ਤਿੰਨ ਸਾਲ ਤੋਂ ਕਰਵਾਏ ਸੂਬੇ ਅਤੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ’ਤੇ ਵੋਟਰਾਂ ਤੱਕ ਪਹੁੰਚ ਕਰਨਗੇ। ਇਸੇ ਤਰ੍ਹਾਂ ਭਾਜਪਾ ਵੱਲੋਂ ਹਲਕੇ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦਾ ਚੋਣ ਲੜਨਾ ਤੈਅ ਹੈ।
ਲੰਗਾਹ ਨੇ ਅਕਾਲੀ ਦਲ ਵੱਲੋਂ ਪੁੱਤਰ ਨੂੰ ਉਮੀਦਵਾਰ ਐਲਾਨਿਆ
