ਨਵੀਂ ਦਿੱਲੀ, ਕੌਮੀ ਜਾਂਚ ਏਜੰਸੀ (ਐਨਆਈਏ) ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪਰੈਲ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿੱਚ ਰੱਖਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ’ਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।