ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਾਲਵਿੰਦਰ ਕੰਗ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮਦਦ ਲਈ ਕੇਂਦਰ ਤੋਂ 1200 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਮੰਗੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਜਿਹੇ ਰਵੱਈਏ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ‘ਤੇ ਕਿਵੇਂ ਭਰੋਸਾ ਕਰਨਗੇ, ਜਦੋਂ ਵੀ ਪੰਜਾਬ ਦਾ ਕੋਈ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਕੇਂਦਰ ਸਰਕਾਰ ਭੇਦਭਾਵ ਦੀ ਭਾਵਨਾ ਰੱਖਦੀ ਹੈ। ਉੱਥੇ ਹੀ ਪੰਜਾਬ ‘ਚ ਕਿਸਾਨਾਂ ਦੀ ਮਦਦ ਦਾ ਮੁੱਦਾ ਆਉਂਦਾ ਹੈ ਤਾਂ ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੰਦੀ, ਜਦੋਂ ਕਿ ਦੇਸ਼ ਦਾ ਅਨਾਜ ਭੰਡਾਰ ਕਰਨ ਲਈ ਪੰਜਾਬ ਦੇ ਕਿਸਾਨ ਸਭ ਤੋਂ ਵੱਡੀ ਭੂਮਿਕਾ ਨਿਭਾ ਰਹੇ ਹਨ। ਮਾਲਵਿੰਦਰ ਕੰਗ ਨੇ ਕਿਹਾ ਕਿ ਕਿਸਾਨ ਖ਼ੁਸ਼ੀ ਨਾਲ ਪਰਾਲੀ ਨੂੰ ਅੱਗ ਨਹੀਂ ਲਾਉਂਦਾ, ਸਗੋਂ ਇਹ ਉਸ ਦੀ ਮਜਬੂਰੀ ਹੈ।