ਅੰਮ੍ਰਿਤਸਰ : ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਅਜਨਾਲਾ ਦੇ ਨਜ਼ਦੀਕੀ ਪਿੰਡਾਂ ‘ਚ ਅੱਜ ਸੜਕਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਧੁੰਦ ਇੰਨੀ ਜ਼ਿਆਦਾ ਸੀ ਕਿ ਸੜਕਾਂ ‘ਤੇ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਸੀ। ਸੜਕਾਂ ‘ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੀ ਇਸ ਧੁੰਦ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਸੰਘਣੀ ਧੁੰਦ ਦੇ ਚੱਲਦਿਆਂ ਹਰ ਕਿਸੇ ਵਲੋਂ ਆਪਣੇ ਵਾਹਨ ਹੌਲੀ ਰਫ਼ਤਾਰ ‘ਚ ਚਲਾਏ ਜਾ ਰਹੇ ਸਨ ਅਤੇ ਲੋਕਾਂ ਨੇ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਈਆਂ ਹੋਈਆਂ ਸਨ। ਇਸ ਤੋਂ ਇਲਾਵਾ ਸੜਕ ‘ਤੇ ਖੜ੍ਹੇ ਸਕੂਲੀ ਬੱਚਿਆਂ ਨੂੰ ਵੀ ਠੰਡ ਦਾ ਅਹਿਸਾਸ ਹੋਇਆ। ਜਦੋਂ ਇਸ ਮੌਕੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਾਡੇ ਇਲਾਕੇ ‘ਚ ਸਰਦੀ ਦੀ ਪਹਿਲੀ ਧੁੰਦ ਪਈ ਹੈ, ਜੋ ਦੇਖਣ ‘ਚ ਤਾਂ ਬਹੁਤ ਵਧੀਆ ਲੱਗ ਰਹੀ ਹੈ ਪਰ ਇਸ ਕਾਰਨ ਕਈ ਵੱਡੇ ਹਾਦਸੇ ਵੀ ਵਾਪਰ ਜਾਂਦੇ ਹਨ।
ਬੱਚਿਆਂ ਨੇ ਲੋਕਾਂ ਨੂੰ ਸੜਕਾਂ ‘ਤੇ ਜਿੱਥੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ ਕੀਤੀ, ਉੱਥੇ ਹੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸੜਕਾਂ ‘ਤੇ ਡਿਵਾਈਡਰ ਲਗਾਏ ਜਾਣ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ ਅਤੇ ਲੋਕ ਸੁਰੱਖਿਅਤ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।