ਚੰਡੀਗੜ੍ਹ 14 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਕਿਸਾਨ ਹਿਤੈਸ਼ੀਆਂ ਅਤੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਸੁਖਬੀਰ ਬਾਦਲ ਵੱਲੋਂ ਸਭ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿੱਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਕ ਸਾਲ ਪਹਿਲਾਂ 17 ਸਤੰਬਰ ਵਾਲੇ ਦਿਨ ਮੋਦੀ ਸਰਕਾਰ ਨੇ ਸੰਸਦ ‘ਚ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਸਨ। ਉਨ੍ਹਾਂ ਕਿਹਾ ਕਿ ਉਸੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਆਪਣੀ ਭਾਈਵਾਲੀ ਖ਼ਤਮ ਕਰ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਜੱਥੇਬੰਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੀ ਲੜਾਈ ਲੜੀ ਹੈ। ਉਨ੍ਹਾਂ ਨੇ ਕਿਸਾਨ ਭਰਾਵਾਂ, ਪਾਰਟੀ ਦੇ ਵਰਕਰਾਂ ਅਤੇ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਲੋਕਾਂ ਨੂੰ 17 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ ਤਾਂ ਜੋ ਸੰਸਦ ਤੱਕ ਇਕ ਇਤਿਹਾਸਕ ਰੋਸ ਮਾਰਚ ਕੱਢਿਆ ਜਾ ਸਕੇ।
ਸੁਖਬੀਰ ਬਾਦਲ ਨੇ ਕਿਹਾ ਕਿ ਸੰਸਦ ਭਵਨ ਤੱਕ ਜਾ ਕੇ ਉੱਥੇ ਕਾਲੇ ਕਾਨੂੰਨ ਸਾੜ ਕੇ ਮੋਦੀ ਸਰਕਾਰ ਨੂੰ ਇਹ ਦੱਸਿਆ ਜਾਵੇਗਾ ਕਿ ਕਿਵੇਂ ਪੂਰਾ ਦੇਸ਼ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹੈ।