ਹੁਣ ਧਨਾਨਸੂ ‘ਚ ਪੰਚ ਚੁੱਕਣਗੇ ਸਹੁੰ, ਤਿਆਰੀਆਂ ‘ਚ ਡਟਿਆ ਪ੍ਰਸ਼ਾਸਨ

ਲੁਧਿਆਣਾ : ਲੁਧਿਆਣਾ ਦੇ ਧਨਾਨਸੂ ਵਿਚ ਸਰਪੰਚਾਂ ਦਾ ਸੂਬਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਸੀ। ਹੁਣ ਇਸੇ ਜਗ੍ਹਾ ਤੇ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਵੀ ਸਹੁੰ ਚੁਕਵਾਈ ਜਾਵੇਗੀ। ਇਹ ਸਹੁੰ ਚੁੱਕ ਸਮਾਮ 19 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸ਼ਿਰਕਤ ਕਰਨਗੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿਚ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹਾ ਦੀਆਂ ਨਵੀਆਂ ਚੁਣੀਆਂ 941 ਗਰਾਮ ਪੰਚਾਇਤਾਂ ਦੇ 6306 ਪੰਚਾਇਤ ਮੈਂਬਰਾਂ (ਪੰਚਾਂ) ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅਹੁਦੇ ਦੀ ਸਹੁੰ ਚੁੱਕਾਉਣਗੇ।

ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

Leave a Reply

Your email address will not be published. Required fields are marked *