ਮਨਜੀਤ ਸਿੰਘ ਫੱਤਣਵਾਲਾ ਤੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦੇਣ ਮਗਰੋਂ ਹੁਣ ਸ਼ੋ੍ਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰਾਂ ਵੱਲੋਂ ਵੀ ਅਸਤੀਫੇ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਤਹਿਤ ਸ਼ੋ੍ਮਣੀ ਅਕਾਲੀ ਦਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫਰੀਦਕੋਟ ਤੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਵੱਲੋਂ ਸ਼ੋ੍ਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਪੱਤਰ ਲਿਖ ਕੇ ਆਪਣੇ ਅਸਤੀਫੇ ਦੇ ਦਿੱਤੇ ਹਨ। ਇਸ ਸਬੰਧ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਫੱਤਣਵਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦਿਲ ’ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਾਸਤੇ ਜੋ ਦਰਦ ਅਤੇ ਪੰਜਾਬ ਦੀ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਜਜਬਾ ਹੈ ਉਹ ਕਿਸੇ ਹੋਰ ਆਗੂ ’ਚ ਨਹੀਂ ਹੈ। ਉਨ੍ਹਾਂ ਸ਼ੋ੍ਮਣੀ ਅਕਾਲੀ ਦਲ ਦੀ ਕੌਰ ਕਮੇਟੀ, ਵਰਕਿੰਗ ਕਮੇਟੀ ਤੇ ਸੀਨੀਅਰ ਲੀਡਰਸ਼ਿਪ ਨੂੰ ਬੇਨਤੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਨਾ ਮਨਜੂਰ ਕੀਤਾ ਜਾਵੇ ਤਾਂ ਜੋ ਉਹ ਦੁਬਾਰਾ ਸ਼ੋ੍ਮਣੀ ਅਕਾਲੀ ਦਲ ਦੀ ਚੜ੍ਹਦੀ ਕਲਾਂ ਵਾਸਤੇ ਕੰਮ ਕਰ ਸਕਣ।

ਉਨ੍ਹਾਂ ਕਿਹਾ ਕਿ ਉਹ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਪਰ ਪਾਰਟੀ ਲਈ ਬਿਨ੍ਹਾਂ ਅਹੁਦੇ ਤੋਂ ਉਸੇ ਵਫਾਦਾਰੀ ਨਾਲ ਕੰਮ ਕਰਦੇ ਰਹਿਣਗੇ। ਇਸੇ ਤਰ੍ਹਾਂ ਹੀ ਜੈ ਰਾਜ ਸਿੰਘ ਬਰਾੜ ਦੇ ਅਸਤੀਫੇ ਦੀ ਕਾਪੀ ਵਿਖਾਉਂਦਿਆ ਉਨਾਂ ਦੇ ਪਿਤਾ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜੈ ਰਾਜ ਸਿੰਘ ਬਰਾੜ ਵੱਲੋਂ ਵੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਜੋਂ ਅਸਤੀਫੇ ਦੀ ਕਾਪੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜ ਦਿੱਤੀ ਗਈ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਨਾ ਮਨਜੂਰ ਕਰਨ ਦੀ ਬੇਨਤੀ ਕਰਨ ਤੋਂ ਇਲਾਵਾ ਕਿਹਾ ਗਿਆ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਪਰ ਪਾਰਟੀ ਵਿੱਚ ਬਿਨਾਂ ਅਹੁਦੇ ਤੋਂ ਵਫਾਦਾਰੀ ਨਾਲ ਕੰਮ ਕਰਦੇ ਰਹਿਣਗੇ। ਜੈ ਰਾਜ ਸਿੰਘ ਵੱਲੋਂ ਵੀ ਦੱਸਿਆ ਗਿਆ ਹੈ ਕਿ ਉਸਨੇ 3 ਹਜਾਰ ਨੌਜਵਾਨਾਂ ਦੀ ਯੂਥ ਅਕਾਲੀ ਦਲ ਭਰਤੀ ਕੀਤੀ ਸੀ ਜਿਸ ਕਰਕੇ 18 ਦੀ ਉਮਰ ਵਿੱਚ ਹੀ ਉਨਾਂ ਨੂੰ ਇਹ ਅਹੁਦਾ ਦੇ ਕੇ ਮਾਣ ਬਖਸ਼ਿਆ ਗਿਆ। ਇਸ ਮੌਕੇ ਹੋਰ ਵੀ ਅਕਾਲੀ ਵਰਕਰ ਹਾਜਰ ਸਨ।

Leave a Reply

Your email address will not be published. Required fields are marked *