ਲੁਧਿਆਣਾ/ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਇਹ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਜਾਇਦਾਦ ਪਰਿਵਾਰਕ ਮੈਂਬਰਾਂ ਦੇ ਨਾਂ ਕਰ ਦਿੱਤੀ ਗਈ ਸੀ। ਇਸ ਵਿਚਾਲੇ ਪੁਲਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ।
ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਲਿਆਂਦਾ ਗਿਆ ਹੈ। ਇੱਥੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ DMC ਹਸਪਤਾਲ ਵਿਖੇ ਭਾਰੀ ਪੁਲਸ ਫ਼ੋਰਸ ਵੀ ਤਾਇਨਾਤ ਕੀਤੀ ਗਈ ਹੈ। ਪੰਜਾਬ ਪੁਲਸ ਦੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
DIG ਮਨਦੀਪ ਸਿੰਘ ਸਿੱਧੂ ਨੇ ਇਕ ਵੀਡੀਓ ਜਾਰੀ ਕਰ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਉਨ੍ਹਾਂ ਦੇ ਸੀਨੀਅਰ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਕਿਸਾਨੀ ਮੰਗਾਂ ਸਬੰਧੀ ਖਨੌਰੀ ਵਿਖੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਉਸ ਵਿਚ ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਕਾਰਨ ਚਿੰਤਤ ਸੀ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਮਰਨ ਵਰਤ ਦਾ ਐਲਾਨ ਹੁੰਦਾ ਹੈ ਤਾਂ ਲੋਕਾਂ ਦਾ ਬਹੁਤ ਇਕੱਠ ਹੋ ਜਾਂਦਾ ਹੈ। ਇਕੱਠ ਕਾਰਨ ਕਈ ਵਾਰ ਲੋੜੀਂਦੀ ਸਿਹਤ ਸਹੂਲਤ ਸਮੇਂ ਸਿਰ ਨਹੀਂ ਪਹੁੰਚ ਪਾਉਂਦੀ। ਇਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਉਮਰ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਚੰਗੀ ਤਰ੍ਹਾਂ ਮੈਡੀਕਲ ਚੈੱਕ-ਅਪ ਹੋਣਾ ਜ਼ਰੂਰੀ ਹੈ। ਇਸ ਕਾਰਨ ਡੀ.ਐੱਮ. ਸੀ. ਲੁਧਿਆਣਾ ਵਿਚ ਉਨ੍ਹਾਂ ਦਾ ਚੈੱਕ ਅਪ ਕਰਵਾਇਆ ਜਾ ਹਾ ਹੈ।