ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ Jagjit Dallewal ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨਾਂ ਦੇ ਇਕ ਵਫ਼ਦ ਦੇ ਅੱਜ ਹਸਪਤਾਲ ਪੁੱਜਣ ਦੌਰਾਨ ਡੀਐੱਮਸੀ ਦੇ ਬਾਹਰ ਭਾਰੀ ਸੁਰੱਖਿਆ ਤਾਇਨਾਤੀ ਦੇ ਚਲਦਿਆਂ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਦਾ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਉਹ ਓਪੀਡੀ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ।
ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦੇ ਮੱਦੇਨਜ਼ਰ ਦੋ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਪਰ ਕਿਸਾਨ ਡੱਲੇਵਾਲ ਨੂੰ ਮਿਲਣ ’ਤੇ ਅੜੇ ਹੋਏ ਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਮੰਗਲਵਾਰ ਮਰਨ ਵਰਤ ਸ਼ੁਰੂ ਕੀਤਾ ਜਾਣਾ ਸੀ ਪਰ ਉਸ ਤੋ ਪਹਿਲਾਂ ਹੀ ਕਥਿਤ ਤੌਰ ’ਤੇ ਉਨ੍ਹਾਂ ਨੂੰ ਖਨੌਰੀ ਸਰਹੱਦ ਤੋਂ ਪੁਲੀਸ ਨੇ ਚੁੱਕ ਲਿਆ। ਇਸ ਉਪਰੰਤ ਡੱਲੇਵਾਲ ਨੂੰ ਸਿਹਤ ਦੀ ਜਾਂਚ ਲਈ ਡੀਐਮਸੀ ਲੁਧਿਆਣਾ ਲਿਆਂਦਾ ਗਿਆ।