ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਹੁਣ 1 ਜਨਵਰੀ ਤੋਂ ਪੰਜਾਬ ‘ਚ ਵੈਰੀਫਿਕੇਸ਼ਨ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਦੀ ਆਫ਼ਲਾਈਨ ਵੈਰੀਫਿਕੇਸ਼ਨ ਸਬੰਧੀ ਸਾਰੀਆਂ ਸੇਵਾਵਾਂ ਬੰਦ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ‘ਚ ਰੱਖੇ ਇਕ ਪ੍ਰੋਗਰਾਮ ਦੌਰਾਨ ਦਿੱਤੀ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਸੇਵਾਵਾਂ ਘਰ ਬੈਠਿਆਂ ਹੀ ਮਿਲਣੀਆਂ ਚਾਹੀਦੀਆਂ ਹਨ।
ਉਨ੍ਹਾਂ ਨੇ 6 ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਜੁੜੇ ਪ੍ਰਾਜੈਕਟਾਂ ਨੂੰ ਲਾਂਚ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਤੌਰ ‘ਤੇ ਰੈਜ਼ੀਡੈਂਟ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਟੈਕਸ ਸਰਟੀਫਿਕੇਟ ਆਦਿ ਵਰਗੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਦਫ਼ਤਰਾਂ ਦੇ ਝੰਜਟਾਂ ਤੋਂ ਮੁਕਤੀ ਮਿਲੇਗੀ ਅਤੇ ਨਾਲ ਹੀ ਲੋਕਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਸ ਦੇ ਨਾਲ ਕੰਮ ‘ਚ ਪਾਰਦਰਸ਼ਤਾ ਆਵੇਗੀ ਅਤੇ ਇਸ ਤਰੀਕੇ ਨਾਲ ਕੰਮ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦੀ ਹੀ ਕਈ ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ।
ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਚੱਲ ਰਹੇ 500 ਤੋਂ ਜ਼ਿਆਦਾ ਸੇਵਾ ਕੇਂਦਰਾਂ ‘ਚ ਕੰਮ ਕਰਵਾਉਣ ਲਈ ਲੋਕਾਂ ਨੂੰ ਧੱਕੇ ਨਹੀਂ ਖਾਣੇ ਪੈਣਗੇ। ਇਸ ਲਈ ਸਰਕਾਰ ‘ਵਟਸਐਪ ਚੈਟ ਬਾਟ’ ਸੇਵਾ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਸਿਰਫ ਆਪਣੇ ਮੋਬਾਇਲ ਦੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪੁਆਇੰਟਮੈਂਟ ਬੁੱਕ ਕਰਵਾਉਣੀ ਪਵੇਗੀ, ਜੋ ਕਿ ਪੰਜਾਬੀ ‘ਚ ਹੋਵੇਗਾ। ਇਸ ਤੋਂ ਬਾਅਦ ਲੋਕਾਂ ਨੂੰ ਟੋਕਨ ਵੀ ਆਨਲਾਈਨ ਮਿਲ ਜਾਵੇਗਾ ਅਤੇ ਸੇਵਾ ਕੇਂਦਰ ਜਾ ਕੇ ਜਲਦੀ ਤੋਂ ਜਲਦੀ ਵਿਅਕਤੀ ਫਰੀ ਹੋ ਜਾਵੇਗਾ।