ਚੰਡੀਗੜ੍ਹ/ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ।