ਅੰਮ੍ਰਿਤਸਰ, 16 ਸਤੰਬਰ (ਦਲਜੀਤ ਸਿੰਘ)- ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਨੇ ਕਿਹਾ ਕਿ ਅੰਗਰੇਜ਼ ਸਰਕਾਰ ਵਲੋਂ ਸੰਨ 1925 ਦੇ ਐਕਟ ਮੁਤਾਬਿਕ ਹਰ ਪੰਜ ਸਾਲ ਬਾਅਦ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ ਪਰ ਭਾਰਤ ਦੀ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਸਮੇਂ ਸਿਰ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ |
ਉਨ੍ਹਾਂ ਕਿਹਾ ਕਿ ਭਾਰਤ ਦੀ ਪਾਰਲੀਮੈਂਟ ਦੀਆਂ ਹੁਣ ਤੱਕ ਸਤਾਰਾਂ ਵਾਰ ਚੋਣਾਂ ਹੋ ਚੁੱਕੀਆਂ ਹਨ ਜਦੋਂ ਕਿ ਸ਼੍ਰੋਮਣੀ ਕਮੇਟੀ ਦੀਆਂ ਕੇਵਲ ਅੱਠ ਵਾਰ ਹੀ ਚੋਣਾਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਮ੍ਰਿਤਸਰ ਵਲੋਂ 18 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ।