ਸ੍ਰੀ ਫਤਹਿਗੜ੍ਹ ਸਾਹਿਬ : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਨੂੰ ਅਲਵਿਦਾ ਆਖਣ ਦਾ ਐਲਾਨ ਕਰ ਦਿੱਤਾ ਹੈ। ਢੀਂਡਸਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਪੂਰੀ ਕਰਨ ਲਈ ਸ਼ਹੀਦਾਂ ਦੇ ਪਵਿੱਤਰ ਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਸੇਵਾਦਾਰ ਦੀ ਸੇਵਾ ਨਿਭਾਉਣ ਉਪਰੰਤ ਕੀਰਤਨ ਸਰਵਣ ਕੀਤਾ। ਇਸ ਉਪਰੰਤ ਮਾਤਾ ਗੁਜਰੀ ਲੰਗਰ ਹਾਲ ਵਿਖੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ। ਇਸ ਦੌਰਾਨ ਸੁਖਦੇਵ ਸਿੰਘ ਢੀਡਸਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਤਨ-ਮਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਮੁਕੰਮਲ ਹੋਣ ਉਪਰੰਤ ਉਹ ਸਰਗਰਮ ਸਿਆਸਤ ਛੱਡ ਦੇਣਗੇ।
ਇਸ ਦੌਰਾਨ ਢੀਂਡਸਾ ਨੇ ਬੀਤੇ ਦਿਨੀਂ ਦਿੱਤੇ ਬਿਆਨ ’ਤੇ ਕਾਇਮ ਰਹਿਣ ਦੀ ਗੱਲ ਆਖਦਿਆਂ ਕਿਹਾ ਕਿ ਉਨ੍ਹਾਂ ਤੋਂ ਇਹ ਗੱਲ ਸਪੱਸ਼ਟ ਨਹੀਂ ਸੀ ਹੋਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਵੱਲੋਂ ਜਿਸ ਨੂੰ ਵੀ ਚੁਣਿਆ ਜਾਂਦਾ ਹੈ ਅਤੇ ਵਿਧਾਨਕ ਤੌਰ ’ਤੇ ਜੋ ਮਨਜ਼ੂਰ ਹੋਵੇਗਾ ਉਹ ਹਰੇਕ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਹੁਕਮਾਂ ’ਤੇ ਉਨ੍ਹਾਂ ਵੱਲੋਂ ਇਤਰਾਜ਼ ਨਹੀਂ ਕੀਤਾ ਜਾ ਸਕਦਾ ਹੈ।
ਢੀਂਡਸਾ ਨੇ ਬਿੱਟੂ ਦੇ ਚੌੜਾ ਵੱਲੋਂ ਗੋਲੀ ਚਲਾਉਣ ਬਾਰੇ ਬਿਆਨ ’ਤੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਗੋਲ਼ੀ ਚੱਲਣੀ ਮੰਦਭਾਗੀ ਹੈ। ਬਿੱਟੂ ਵੱਲੋਂ ਕਿਸਾਨਾਂ ਖ਼ਿਲਾਫ਼ ਬਿਆਨਬਾਜ਼ੀ ’ਤੇ ਉਨ੍ਹਾਂ ਕਿਹਾ ਕਿ ਬਿੱਟੂ ਕਿਸਾਨਾਂ ਵਿਰੁੱਧ ਬੋਲ ਰਿਹਾ ਹੈ ਪਰ ਲੋਕ ਕਿਸਾਨਾਂ ਦੇ ਨਾਲ ਹਨ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਕਿਸਾਨੀ ਮਸਲਿਆਂ ਦੇ ਹੱਲ ਨਾ ਕਰਨ ਕਰਕੇ ਹੀ ਛੱਡਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨੇ ਚਾਹੀਦੇ ਹਨ।