ਤਲਵੰਡੀ ਸਾਬੋ : ਸਾਲ 2027 ਵਿੱਚ ਸੂਬੇ ਅੰਦਰ ਸਰਕਾਰ ਬਣਾਉਣ ਲਈ ਸਾਰੇ ਅਕਾਲੀ ਦਲਾਂ ਨੂੰ ਇਕੱਠੇ ਹੋ ਕੇ ਭਾਜਪਾ ਨਾਲ ਗੱਠਜੋੜ ਕਰਨਾ ਪਵੇਗਾ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਫੈਸਲੇ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਅਕਾਲੀ ਆਗੂਆਂ ਨੇ ਮੰਨ ਕੇ ਲਾਈ ਧਾਰਮਿਕ ਸਜ਼ਾ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਕਾਲੀ ਦਲਾਂ ਨੂੰ ਹੁਣ ਇਕੱਠਾ ਹੋਣ ਦੀ ਲੋੜ ਹੈ। ਜੇਕਰ ਹੁਣ ਵੀ ਸਾਰੇ ਅਕਾਲੀ ਦਲ ਇਕੱਠੇ ਨਹੀਂ ਹੋਣਗੇ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਨੁਕਸਾਨ ਉਠਾਉਣਾ ਪਵੇਗਾ। ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸੂਬੇ ਅੰਦਰ ਮੁੜ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਹੋਵੇ।
ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਸਾਰੇ ਅਕਾਲੀ ਦਲ ਇਕੱਠੇ ਹੋਣ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗੱਠਜੋੜ ਕਰ ਕੇ ਲੜੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਸਾਲ ਤੋਂ ਪੰਜਾਬ ਦੇ ਲੋਕ ਦੁੱਖੀ ਹਨ। ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਵਿਗੜ ਚੁੱਕੀ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਤੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਮਲੂਕਾ ਨੇ ਕਿਹਾ ਕਿ ਸੂਬੇ ਅੰਦਰ ਵਿਕਾਸ ਦੇ ਕੰਮ ਬਿਲਕੁਲ ਠੱਪ ਪਏ ਹਨ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕੇਸ ਦਰਜ ਕਰਨ ਸਮੇਂ ਵੀ ਪੁਲਿਸ ਨੇ ਤੱਥਾਂ ਨੂੰ ਲੁਕੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਨੀਵੇਂ ਪੱਧਰ ’ਤੇ ਨਹੀਂ ਆਉਣਾ ਚਾਹੀਦਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਸੁਧਾਰ ਲਹਿਰ ਨੇ ਆਪਣਾ ਢਾਂਚਾ ਭੰਗ ਕਰ ਕੇ ਪਹਿਲ ਕਦਮੀ ਕਰ ਦਿੱਤੀ ਹੈ ਜਦੋਂ ਕਿ ਹੁਣ ਸ੍ਰੋਮਣੀ ਅਕਾਲੀ ਦਲ ਨੇ ਸਿੰਘ ਸਾਹਿਬ ਤੋਂ ਇਸ ਲਈ ਕੁਝ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਿਚ ਮੁੜ ਏਕਤਾ ਕਰਨ ਲਈ ਉਹ ਆਪਣਾ ਪੂਰਾ ਜ਼ੋਰ ਲਗਾਉਣਗੇ।