ਨਵੀਂ ਦਿੱਲੀ, Farmers Protest: ਸੁਪਰੀਮ ਕੋਰਟ ਨੇ ਆਪਣੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਿੱਘਰਦੀ ਹਾਲਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਸਿਖਰਲੀ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਦੋਵਾਂ ਸਰਕਾਰਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਜਾਵੇ, ਪਰ ਉਨ੍ਹਾਂ ਦਾ ਸੰਘਰਸ਼ ਤੋੜਨ ਲਈ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਇਹ ਹੁਕਮ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ (Justice Surya Kant) ਅਤੇ ਜਸਟਿਸ ਉੱਜਲ ਭੂਈਆਂ (Justice Ujjal Bhuyan) ਦੇ ਬੈਂਚ ਨੇ ਜਾਰੀ ਕੀਤੇ ਹਨ।
ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ (Solicitor General Tushar Mehta) ਅਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ (Punjab Advocate General Gurminder Singh) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੰਜਾਬ ਦੇ ਕਿਸਾਨ ਆਗੂ ਡੱਲੇਵਾਲ ਦੇ ਵਿਰੋਧ ਨੂੰ ਤੋੜਨ ਲਈ ਕਿਸੇ ਵੀ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਇਸ ਸਬੰਧ ਵਿਚ ਫ਼ੌਰੀ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ।
ਬੈਂਚ ਨੇ ਮਹਿਤਾ ਤੇ ਗੁਰਮਿੰਦਰ ਸਿੰਘ ਨੂੰ ਕਿਹਾ, “ਤੁਸੀਂ ਦੋਵੇਂ ਇਸ ਮੁੱਦੇ ਨੂੰ ਤੁਰੰਤ ਦੇਖੋ ਅਤੇ ਯਕੀਨੀ ਬਣਾਓ ਕਿ ਇਸ ਦਾ ਹੱਲ ਹੋ ਜਾਵੇ।’’ ਬੈਂਚ ਨੇ ਨਾਲ ਹੀ ਹਦਾਇਤ ਦਿੱਤੀ ਕਿ ਜੇ ਲੋੜ ਪਈ ਤਾਂ ਡੱਲੇਵਾਲ ਨੂੰ ਤੁਰੰਤ ਡਾਕਟਰੀ ਮਦਦ ਲਈ ਪੀਜੀਆਈ ਚੰਡੀਗੜ੍ਹ ਜਾਂ ਪਟਿਆਲਾ ਦੇ ਹਸਪਤਾਲ ਵਿੱਚ ਲਿਜਾਇਆ ਜਾ ਸਕਦਾ ਹੈ।