ਮੁਹਾਲੀ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਰ ਕੌਰ ਲਈ ਵਰਤੇ ਗਏ ਅਪਮਾਨਜਨਕ ਸ਼ਬਦਾਂ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਈ ਮੇਲ ਅਤੇ ਵ੍ਹਟਸਐਪ ਰਾਹੀ ਨੋਟਿਸ ਭੇਜਿਆ ਹੈ। ਮੁਹਾਲੀ ਵਿਖੇ ਰੱਖੀ ਗਈ ਇਕ ਕਾਨਫ਼ਰੰਸ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਅਤੇ ਸੁਰੱਖਿਆ ਦੀ ਦੀ ਉਲੰਘਣ ਨਾਲ ਸਬੰਧਿਤ ਮਾਮਲਿਆਂ ਤੇ ਸੂ-ਮੋਟੋ ਨੋਟਿਸ ਲੈ ਸਕਦਾ ਹੈ।ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਰਾਜਨੀਤਿਕ ਨੇਤਾ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਲਈ ਸੂ-ਮੋਟੋ ਨੋਟਿਸ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਕ ਯੂ ਟਿਊਬ ਵੀਡਿੳ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਇਕ ਪੱਤਰਕਾਰ ਨਾਲ ਟੈਲੀਫ਼ੋਨ ‘ਤੇ ਗੱਲਬਾਤ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਔਰਤ ਭਾਈਚਾਰੇ ਦੀ ਮੈਂਬਰ ਬੀਬੀ ਜਗੀਰ ਕੌਰ ਨੂੰ ਸੰਬੋਧਨ ਕਰਦੇ ਸਮੇਂ ਜੋ ਅਪਮਾਨਜਨਕ ਅਤੇ ਅਣਮਨੁੱਖੀ ਸ਼ਬਦਾਂ ਦੀ ਵਰਤੋਂ ਕੀਤੀ ਹੈ।ਅਜਿਹੀ ਭਾਸ਼ਾ ਅਤੇ ਟਿੱਪਣੀਆਂ ਸਿਰਫ਼ ਇਕ ਵਿਅਕਤੀਗਤ ਔਰਤ ਨੂੰ ਬਦਨਾਮ ਕਰਦੀ ਹੈ ਬਲਕਿ ਸਮੁੱਚੀ ਔਰਤ ਜਾਤੀ ਦਾ ਵੀ ਨਿਰਾਦਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਇਕ ਮਹੱਤਵਪੂਰਨ ਅਤੇ ਸਤਿਕਾਰਤ ਅਹੁਦੇ ‘ਤੇ ਬਿਰਾਜਮਾਨ ਹੋਣ ਦੇ ਨਾਤੇ ਉਨ੍ਹਾਂ ਤੋਂ ਇਸ ਤਰ੍ਹਾਂ ਦੇ ਸ਼ਬਦਾਂ ਦੀ ਉਮੀਦ ਨਹੀਂ ਕੀਤੀ ਜਾਂਦੀ। ਇਸ ਲਈ ਉਨ੍ਹਾਂ ਟਿੱਪਣੀਆਂ ਸਬੰਧੀ ਨੋਟਿਸ ਜਾਰੀ ਕਰਦੇ ਹੋਏ ਅਗਲੇ ਚਾਰ ਦਿਨਾਂ ਅੰਦਰ 17.12.2025 ਤੱਕ ਉਕਤ ਆਡੀਓ ਰਿਕਾਰਡਿੰਗ ਸਬੰਧੀ ਆਪਣਾ ਲਿਖਤੀ ਸਪਸ਼ਟੀਕਰਨ ਅਤੇ ਬਿਆਨ ਕਮਿਸ਼ਨ ਦੇ ਮੁਹਾਲੀ ਦਫ਼ਤਰ ਵਿਚ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਦੇਣ ਲਈ ਕਿਹਾ ਗਿਆ ਹੈ।