ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ।
ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜ਼ਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ।
ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ। ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਕਾਰਾਤਮਕ ਨੋਟ ‘ਤੇ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ-ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।