ਚੰਡੀਗੜ੍ਹ, ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੇ ਹੋਰ ਕਿਸਾਨੀ ਮੁੱਦਿਆਂ ਬਾਰੇ ਵਿਚਾਰ-ਚਰਚਾ ਲਈ ਸਮਾਂ ਮੰਗਿਆ ਹੈ। ਮੋਰਚੇ ਨੇ ਇਸ ਪੱਤਰ ਰਾਹੀਂ ਮਹੀਨੇ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਬਾਰੇ ਜਾਣੂੰ ਕਰਵਾਇਆ ਅਤੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਕਰਕੇ ਪੈਦਾ ਹੋਏ ਖਦਸ਼ਿਆਂ ਬਾਰੇ ਗੱਲਬਾਤ ਕਰਨ ਲਈ ਸਮਾਂ ਮੰਗਿਆ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ 23 ਦਸੰਬਰ ਨੂੰ ਵੀ ਦੇਸ਼ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰੇ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜੇ ਸਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕਿਸਾਨੀ ਮਸਲਿਆਂ ਦੇ ਹੱਲ ਲਈ ਦਖਲ ਦੇ ਕੇ ਇਸ ਨੂੰ ਹੱਲ ਕਰਵਾਉਣਾ ਚਾਹੀਦਾ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਧਰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਗਈ ਤਾਂ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਹੀ ਰੋਕ ਦਿੱਤਾ। ਇਸ ਦੌਰਾਨ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨ ਕੀਤਾ ਜਾ ਰਿਹਾ ਹੈ।