ਚੰਡੀਗੜ੍ਹ : ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸ਼ਹਿਰ ’ਚ ਕੋਲਡ ਡੇਅ ਦੇ ਹਾਲਾਤ ਬਣ ਗਏ ਹਨ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਦੀ ਮੰਨੀਏ ਤਾਂ ਅਗਲੇ 2-3 ਦਿਨਾਂ ’ਚ ਸ਼ਹਿਰ ’ਚ ਕੋਲਡ ਡੇਅ ਅਤੇ ਸੀਵੀਅਰ ਕੋਲਡ ਡੇਅ ਦਰਜ ਹੋ ਸਕਦਾ ਹੈ। ਫ਼ਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੇ ਪੂਰੇ ਆਸਾਰ ਹਨ। ਦਿਨ ਅਤੇ ਰਾਤ ਦਾ ਤਾਪਮਾਨ ਘਟੇਗਾ। ਧੁੰਦ ਕਾਰਨ ਵੱਧ ਤੋਂ ਵੱਧ ਤਾਪਮਾਨ ’ਚ ਕਮੀ ਆਵੇਗੀ।
31 ਦਸੰਬਰ ਤੋਂ ਬਾਅਦ ਦਿਸਣ ਹੱਦ ’ਚ ਕਾਫ਼ੀ ਸੁਧਾਰ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਘੱਟ ਸੀ, ਜਦੋਂ ਕਿ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਸੀ।
ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਸੋਮਵਾਰ ਨੂੰ ਆਸਮਾਨ ਸਾਫ਼ ਰਹੇਗਾ, ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਵੀ ਸ਼ਹਿਰ ਦਾ ਮੌਸਮ ਸਾਫ਼ ਰਹੇਗਾ। ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਬੁੱਧਵਾਰ ਨੂੰ ਅੰਸ਼ਕ ਤੌਰ ’ਤੇ ਬੱਦਲਵਾਈ ਰਹਿ ਸਕਦੀ ਹੈ। ਸਵੇਰ ਅਤੇ ਸ਼ਾਮ ਦੀ ਧੁੰਦ, ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਹੋ ਸਕਦਾ ਹੈ।