ਨਵੀਂ ਦਿੱਲੀ : ਨਵੇਂ ਸਾਲ ਦੇ ਮੌਕੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਡੀਏਪੀ ‘ਤੇ ਸਬਸਿਡੀ ਵਧਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਵਧਾ ਕੇ 3,850 ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਸ ਦੇ ਲਈ ਮੰਤਰੀ ਮੰਡਲ ਨੇ 3,850 ਕਰੋੜ ਰੁਪਏ ਤੱਕ ਦੇ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਈ ਅਲਾਟਮੈਂਟ ਵਧਾ ਦਿੱਤੀ ਗਈ ਹੈ। ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਵਿੱਚ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਖਾਦ ਬਣਾਉਣ ਵਾਲੀਆਂ ਕੰਪਨੀਆਂ ਲਈ ਵਿਸ਼ੇਸ਼ ਪੈਕੇਜ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਕਿਸਾਨ 1,350 ਕਰੋੜ ਰੁਪਏ ਵਿੱਚ 50 ਕਿਲੋਗ੍ਰਾਮ ਵਜ਼ਨ ਵਾਲਾ ਡੀਏਪੀ ਦਾ ਇੱਕ ਥੈਲਾ ਪ੍ਰਾਪਤ ਕਰ ਸਕਣਗੇ। ਇਸ ਪਹਿਲਕਦਮੀ ਵਿੱਚ ਡੀਏਪੀ ਉਤਪਾਦਕਾਂ ਲਈ ਮੌਜੂਦਾ ਸਬਸਿਡੀਆਂ ਤੋਂ ਇਲਾਵਾ ਵਿੱਤੀ ਸਹਾਇਤਾ ਵੀ ਸ਼ਾਮਲ ਹੈ।
ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਅਤੇ ਪੁਨਰਗਠਿਤ ਮੌਸਮ ਆਧਾਰਿਤ ਫ਼ਸਲ ਬੀਮਾ ਯੋਜਨਾ ਨੂੰ 2025-26 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਯੋਜਨਾ ‘ਤੇ 2021-22 ਤੋਂ 2025-26 ਤੱਕ ਕੁੱਲ 69,515.71 ਕਰੋੜ ਰੁਪਏ ਖ਼ਰਚ ਹੋਣਗੇ। ਇਨੋਵੇਸ਼ਨ ਅਤੇ ਤਕਨਾਲੋਜੀ ਲਈ 800 ਕਰੋੜ ਰੁਪਏ ਦਾ ਫੰਡ ਬਣਾਇਆ ਗਿਆ ਹੈ। ਕਿਸਾਨ ਬੀਮਾ ਯੋਜਨਾ ਨਾਲ OBC, ST ਅਤੇ SC ਸਮੁਦਾਇਆਂ ਦੇ 57 ਫ਼ੀਸਦੀ ਬੀਮੇ ਵਾਲੇ ਕਿਸਾਨਾਂ ਨੂੰ ਲਾਭ ਮਿਲਿਆ ਹੈ। ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਨੂੰ ਹੋਰ ਆਕਰਸ਼ਕ ਬਣਾਉਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਨੁਕਸਾਨ ਤੋਂ ਬਿਹਤਰ ਵਿੱਤੀ ਸੁਰੱਖਿਆ ਪ੍ਰਦਾਨ ਕਰਨਾ ਹੈ।
ਇਸ ਮਾਮਲੇ ਦੇ ਸਬੰਧ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੀਸੀਈਏ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਨਵਰੀ-ਦਸੰਬਰ, 2025 ਦੀ ਮਿਆਦ ਲਈ ਡਾਇ-ਅਮੋਨੀਅਮ ਫਾਸਫੇਟ (ਡੀਏਪੀ) ਖਾਦ ਲਈ ਇੱਕ ਵਾਰ ਦੇ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਇਨੋਵੇਸ਼ਨ ਅਤੇ ਟੈਕਨਾਲੋਜੀ ਲਈ ਫੰਡ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ₹824.77 ਕਰੋੜ ਪ੍ਰੋਫਾਈਲ ਫੰਡ ਦੀ ਵਰਤੋਂ ਯੋਜਨਾ ਦੇ ਤਹਿਤ ਤਕਨਾਲੋਜੀ ਪਹਿਲਕਦਮੀਆਂ ਨੂੰ ਵਿੱਤ ਦੇਣ ਲਈ ਕੀਤੀ ਜਾਵੇਗੀ।