ਐਂਟਰਟੇਨਮੈਂਟ ਡੈਸਕ – ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਕਿਸਾਨ ਅੰਦੋਲਨ ਦੇ ਸਮਰਥਨ ‘ਚ ਪੰਜਾਬੀ ਕਲਾਕਾਰ ਆਪੋ-ਆਪਣੀ ਹਾਜ਼ਰੀ ਲਵਾ ਰਹੇ ਹਨ। ਹਾਲ ਹੀ ‘ਚ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਖਨੌਰੀ ਬਾਰਡਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਨਾਅਰਾ ਲਾਇਆ ਅਤੇ ਬਾਕੀ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
ਦੱਸ ਦਈਏ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਦੱਸਣਯੋਗ ਹੈ ਕਿ 4 ਜਨਵਰੀ ਨੂੰ ਖਨੌਰੀ ਮੋਰਚੇ ‘ਚ ਕਿਸਾਨਾਂ ਦੀ ਤਰਫ਼ੋਂ ਮੋਗਾ ਵਿਖੇ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਂਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਇਸ ਦੌਰਾਨ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।