ਨਵੇਂ ਸਾਲ ਦੇ ਪਹਿਲੇ ਦਿਨ ਕੇਂਦਰ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤੇ ਪੁਨਰਗਠਿਤ ਮੌਸਮ ਆਧਾਰਿਤ ਫ਼ਸਲ ਬੀਮਾ ਯੋਜਨਾ ਨੂੰ 2025-26 ਤਕ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ, ਜਿਸ ਲਈ ਕੁੱਲ 69515.71 ਕਰੋੜ ਰੁਪਏ ਅਲਾਟ ਕੀਤੇ ਗਏ।
ਮੰਤਰੀ ਮੰਡਲ ਦੀ ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ 1350 ਰੁਪਏ ‘ਚ 50 ਕਿਲੋ ਡੀਏਪੀ ਦਾ ਬੈਗ ਮਿਲਦਾ ਰਹੇਗਾ। ਸਰਕਾਰ ਨੇ ਡੀਏਪੀ ‘ਤੇ 3850 ਕਰੋੜ ਰੁਪਏ ਦੀ ਵਾਧੂ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ ‘ਚ ਵਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਵਧਦੀਆਂ ਕੀਮਤਾਂ ਦਾ ਕਿਸਾਨਾਂ ‘ਤੇ ਕੋਈ ਅਸਰ ਨਾ ਪਵੇ।
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਕ ਬ੍ਰੀਫਿੰਗ ‘ਚ ਕਿਹਾ ਕਿ ਮੰਤਰੀ ਮੰਡਲ ਨੇ ਕਿਸਾਨਾਂ ਨੂੰ ਸਸਤੇ ਭਾਅ ਡੀਏਪੀ ਦੀ ਲਗਾਤਾਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 01 ਜਨਵਰੀ 2025 ਤੋਂ 31 ਦਸੰਬਰ 2025 ਤਕ ਦੀ ਮਿਆਦ ਲਈ ਡੀਏਪੀ ‘ਤੇ ਇਕ ਵਾਰ ਦੇ ਵਿਸ਼ੇਸ਼ ਪੈਕੇਜ ਨੂੰ ਐੱਨਬੀਐੱਸ ਸਬਸਿਡੀ ਤੋਂ ਅੱਗੇ ਵਧਾਉਣ ਦੀ ਮਨਜ਼ੂਰੀ ਦਿੱਤੀ ਹੈ। ਮੰਤਰੀ ਮੰਡਲ ਦਾ ਫੈਸਲਾ ਇਹ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ 1350 ਰੁਪਏ ਪ੍ਰਤੀ ਥੈਲਾ 50 ਕਿਲੋ ਦੇ ਹਿਸਾਬ ਨਾਲ ਡੀਏਪੀ ਖਾਦ ਮਿਲਦੀ ਰਹੇਗੀ।