ਫਰੀਦਕੋਟ : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਸਮੇਤ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (Sarabjit Singh Khalsa) ਅਤੇ ਹੋਰ ਪੰਥਕ ਆਗੂਆਂ ਵੱਲੋਂ ਬਣਾਈ ਜਾ ਰਹੀ ਨਵੀਂ ਸਿਆਸੀ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਹੋਵੇਗਾ ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਕੀਤਾ ਜਾਵੇਗਾ। ਇਹ ਜਾਣਕਾਰੀ ਕੋਟਕਪੂਰਾ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ। ਉਹ ਇੱਥੇ ਮੇਲਾ ਮਾਘੀ ’ਤੇ ਹੋਣ ਵਾਲੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਨ ਪੁੱਜੇ ਸਨ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ‘ਚ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ, ਜਿਸ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਵਧ ਅਧਿਕਾਰਾਂ ਦੀ ਗੱਲ ਕਰੇਗੀ ਤੇ ਪੰਜਾਬ ਦੇ ਪਾਣੀਆਂ, ਕਿਸਾਨੀ ਮੁੱਦੇ, ਐਮਐਸਪੀ, ਨਸ਼ੇ ਆਦਿ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੁੱਦੇ ਹੋਣਗੇ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ ਲਈ ਧਾਰਮਿਕ ਤੌਰ ’ਤੇ ਹੀ ਨਹੀਂ ਸਗੋਂ ਸਿਆਸੀ ਤੌਰ ’ਤੇ ਵੀ ਲੜੇਗੀ।