ਖਨੌਰੀ- ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠੇ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਗਿਆ ਹੈ। ਇਸ ਦੌਰਾਨ ਕਿਸਾਨੀ ਮਸਲਿਆਂ ਨੂੰ ਘੋਖਣ ਲਈ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਬਾਅਦ ਦੁਪਹਿਰ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ। ਕਮੇਟੀ ਨੇ ਡੱਲੇਵਾਲ ਨੂੰ ਇਲਾਜ ਕਰਵਾਉਣ ਜਾਂ ਫਿਰ ਹਲਕੀ ਮੈਡੀਕਲ ਡੋਜ਼ ਲੈਣ ਦੀ ਬੇਨਤੀ ਕੀਤੀ, ਜਿਸ ਨੂੰ ਕਿਸਾਨ ਆਗੂ ਨੇ ਨਕਾਰ ਦਿੱਤਾ।
ਡੱਲੇਵਾਲ ਨੇ ਕਮੇਟੀ ਨੂੰ ਇਹ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਕਿ ਸੁਪਰੀਮ ਕੋਰਟ, ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰੇ ਤਾਂ ਜੋ ਦੇਸ਼ ਦੇ ਲੱਖਾਂ ਕਿਸਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ। ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਵਾਲੀ ਕਮੇਟੀ ਵਿੱਚ ਸਾਬਕਾ ਡੀਜੀਪੀ ਬੀਐੱਸ ਸੰਧੂ, ਅਰਥ ਸ਼ਾਸਤਰੀ ਆਰਐੱਸ ਘੁੰਮਣ, ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਸੁਖਪਾਲ ਸਿੰਘ ਸ਼ਾਮਲ ਹਨ।