ਸ੍ਰੀ ਆਨੰਦਪੁਰ ਸਾਹਿਬ, ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ।
ਉਨ੍ਹਾਂ ਕਿਹਾ ਕਿ ਇੱਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸੇਧ ਮਿਲਦੀ ਹੈ। ਉਪਰੰਤ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਥੇਦਾਰ ਸੁਲਤਾਨ ਸਿੰਘ ਵੱਲੋਂ ਰਾਜਪਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ, ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ, ਡੀਐੱਸਪੀ ਸ੍ਰੀ ਆਨੰਦਪੁਰ ਸਾਹਿਬ ਅਜੇ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਜ਼ਿਲ੍ਹਾ ਰੂਪਨਗਰ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਤੇ ਮੁਲਾਜ਼ਮ ਵੀ ਮੌਜੂਦ ਸਨ।