ਭੁਵਨੇਸ਼ਵਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭੁਵਨੇਸ਼ਵਰ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਲਾਨੀ ਰੇਲਗੱਡੀ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹੁਨਰਮੰਦ ਪ੍ਰਤਿਭਾ ਦੀ ਕੋਮਾਂਤਰੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਦੀ ਸਮਰੱਥਾ ‘ਤੇ ਜ਼ੋਰ ਦਿੰਦੇ ਹੋਏ, 21ਵੀਂ ਸਦੀ ਵਿੱਚ ਭਾਰਤ ਦੀ ਤੇਜ਼ ਤਰੱਕੀ ਨੂੰ ਉਜਾਗਰ ਕੀਤਾ।
ਪੀਐਮ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਸਰਕਾਰ ਸੰਕਟ ਦੀਆਂ ਸਥਿਤੀਆਂ ਵਿੱਚ ਪ੍ਰਵਾਸੀ ਲੋਕਾਂ ਦੀ ਮਦਦ ਕਰਨਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ। ਉੜੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਕਈ ਦਹਾਕਿਆਂ ਤੱਕ ਭਾਰਤ ਦੁਨੀਆ ਦੀ ਸਭ ਤੋਂ ਵੱਧ ਨੌਜਵਾਨ ਅਤੇ ਹੁਨਰਮੰਦ ਆਬਾਦੀ ਵਾਲਾ ਦੇਸ਼ ਹੋਵੇਗਾ।