ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਪੰਜਾਬ ਤੋਂ ਕੀਤੀ ਇਹ ਵੱਡੀ ਮੰਗ

daduwal/nawanpunjab.com

ਟਾਂਡਾ ਉੜਮੁੜ, 20 ਸਤੰਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਵਜ਼ਾਰਤ ਕੋਲ ਹੁਣ ਮੌਕਾ ਹੈ ਕਿ ਉਹ ਬੀਤੇ ਸਮੇਂ ਦੌਰਾਨ ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸੰਗਤਾਂ ਦੇ ਸਾਹਮਣੇ ਲਿਆ ਕੇ ਉਨ੍ਹਾਂ ਨੂੰ ਸਜ਼ਾ ਦਿਵਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਗੱਲ ਚੱਲ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਤਾਕਤ ਹੋਣ ਦੇ ਬਾਵਜੂਦ ਵੀ ਉਨ੍ਹਾਂ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਦੋਸ਼ੀ ਸਜ਼ਾ ਨਹੀਂ ਦਿਵਾਈ। ਹੁਣ ਸੰਗਤਾਂ ਦੀ ਇਹ ਮੰਗ ਹੈ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਕਾਂਡ ਦੇ ਦੋਸ਼ੀਆਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਸਬੰਧ ਵਿੱਚ ਕਿਹਾ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਦਾ ਹੀ ਨਤੀਜਾ ਹੈ ਕਿ ਜਿਸ ਸਮੇਂ ਇਹ ਬੇਅਦਬੀ ਹੋਈ ਤਾਂ ਉਸ ਸਮੇਂ ਟਾਸਕ ਫੋਰਸ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ।

ਉਨ੍ਹਾਂ ਇਸ ਬੇਅਦਬੀ ਦੇ ਪਿੱਛੇ ਸਾਜਿਸ਼ ਨੂੰ ਬੇਨਕਾਬ ਕਰਨ ਦੀ ਮੰਗ ਕਰਦੇ ਹੋਏ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਹੋਰ ਕਿਹਾ ਕਿ ਇਸ ਸਮੇਂ ਮੁੱਖ ਸਮੇਂ ਦੀ ਇਹ ਮੁੱਖ ਲੋੜ ਹੈ ਕਿ ਪੰਥ ਇਕ ਪਲੇਟਫਾਰਮ ’ਤੇ ਇਕੱਠਿਆਂ ਹੋ ਕੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਹੋਵੇ ਕਿਉਂਕਿ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਰਾਜਨੀਤਕ ਲੋਕਾਂ ਲੋਕਾਂ ਨੇ ਪੰਥ ਦੇ ਨਾਂ ’ਤੇ ਸਿੱਖ ਪੰਥ ਦਾ ਹੀ ਘਾਣ ਕੀਤਾ ਹੈ, ਜਿਸ ਨੂੰ ਸਿੱਖ ਸੰਗਤਾਂ ਕਦੇ ਵੀ ਮੁਆਫ਼ ਨਹੀਂ ਕਰਨਗੀਆਂ। ਇਸ ਮੌਕੇ ਉਨ੍ਹਾਂ ਨਾਲ ਖਵਿੰਦਰ ਸਿੰਘ ਬੇਦੀ, ਲਖਵੀਰ ਸਿੰਘ ਖਾਲਸਾ, ਸਰਪੰਚ ਕੁਲਵੰਤਵੀਰ ਸਿੰਘ ਘੁਮਾਣ, ਬਾਬਾ ਤਰਸੇਮ ਸਿੰਘ ਖਾਲਸਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *