ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣੇਗਾ ਕੋਈ ਹੋਰ ਪਰ ਕਮਾਂਡ ਰਹੇਗੀ ਬਾਦਲ ਪਰਿਵਾਰ ਦੇ ਹੱਥ!

akali/nawanpunjab.com

ਅੰਮ੍ਰਿਤਸਰ-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ ਹੋਣ ਦੇ ਨਾਲ ਹੀ ਜਿਥੇ ਇਕ ਨਵੇਂ ਅਕਾਲੀ ਦਲ ਦੇ ਗਠਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ, ਉਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗਠਿਤ 7 ਮੈਂਬਰੀ ਕਮੇਟੀ ਨੂੰ ਦਰਕਿਨਾਰ ਕਰ ਕੇ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ, ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿਚ ਕਾਫੀ ਚਰਚਾ ਹੈ ਅਤੇ ਅਕਾਲੀ ਦਲ ਦੇ ਲਗਭਗ 70 ਪ੍ਰਤੀਸ਼ਤ ਮੈਂਬਰ ਇਸ ਦਾ ਵਿਰੋਧ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਪ੍ਰਧਾਨ ਦੇ ਅਹੁਦੇ ਲਈ ਚੋਣਾਂ 1 ਮਾਰਚ ਨੂੰ ਹੋਣਗੀਆਂ। ਗੁਲਜ਼ਾਰ ਸਿੰਘ ਰਣੀਕੇ ਨੂੰ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 20 ਫਰਵਰੀ ਤੱਕ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ 25 ਲੱਖ ਮੈਂਬਰਸ਼ਿਪ ਦਾ ਟੀਚਾ ਰੱਖਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ 1920 ਨੂੰ ਹੋਈ ਸੀ। ਇਸ ਤੋਂ ਬਾਅਦ ਪਾਰਟੀ ਦੇ 20 ਪ੍ਰਧਾਨ ਚੁਣੇ ਜਾ ਚੁੱਕੇ ਹਨ। ਹਾਲਾਂਕਿ, ਪ੍ਰਕਾਸ਼ ਸਿੰਘ ਬਾਦਲ 1995 ਵਿਚ ਪਾਰਟੀ ਦੀ ਵਾਗਡੋਰ ਸੰਭਾਲਣ ਤੋਂ ਬਾਅਦ 2008 ਤੱਕ ਇਸ ਅਹੁਦੇ ’ਤੇ ਰਹੇ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਇਆ ਗਿਆ। 16 ਨਵੰਬਰ, 2024 ਨੂੰ ਸੁਖਬੀਰ ਬਾਦਲ ਨੇ ਅਸਤੀਫਾ ਦੇ ਦਿੱਤਾ ਸੀ। ਹੁਣ 30 ਸਾਲਾਂ ਬਾਅਦ ਅਜਿਹਾ ਮੌਕਾ ਆਇਆ ਹੈ ਕਿ ਬਾਦਲ ਪਰਿਵਾਰ ਤੋਂ ਇਲਾਵਾ ਕੋਈ ਹੋਰ ਅਕਾਲੀ ਦਲ ਦਾ ਪ੍ਰਧਾਨ ਬਣ ਸਕਦਾ ਹੈ।

Leave a Reply

Your email address will not be published. Required fields are marked *