ਖੰਨਾ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 49 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਅੱਜ ਕਿਸਾਨ ਜਥੇਬੰਦੀਆਂ ਨੇ ਡੱਲੇਵਾਲ ਦੇ ਹੱਕ ਵਿਚ ਟਰੈਕਟਰ ਮਾਰਚ ਕੱਢੇ ਅਤੇ ਤਹਿਸੀਲ ਪੱਧਰ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ। ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਏਕਤਾ ਦਿਖਾਈ। ਰਾਜੇਵਾਲ ਤੇ ਲੱਖੋਵਾਲ ਗਰੁੱਪ ਸਮੇਤ ਕਈ ਹੋਰ ਜਥੇਬੰਦੀਆਂ ਦੇ ਕਿਸਾਨ ਆਗੂ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਬੇਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਪੰਜਾਬੀਆਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਕੇਂਦਰ ਨੇ ਜੋ 3 ਕਾਨੂੰਨ ਕਿਸਾਨੀ ਅੰਦੋਲਨ ਦੇ ਦਬਾਅ ਵਿਚ ਵਾਪਸ ਲਏ ਹਨ, ਹੁਣ ਉਨ੍ਹਾਂ ਨੂੰ ਕਿਸਸੇ ਹੋਰ ਤਰੀਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਕਿਸਾਨ ਕਦੇ ਮਨਜ਼ੂਰ ਨਹੀਂ ਕਰਨਗੇ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਪ੍ਰਗਟ ਸਿੰਘ ਕੋਟ ਪਨੇਚ ਨੇ ਕਿਹਾ ਕਿ ਡੱਲੇਵਾਲ ਦੇ ਸਮਰਥਨ ਵਿਚ ਸਾਰੇ ਇਕਜੁੱਟ ਹੋ ਗਏ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਹੋਣਗੀਆਂ। 26 ਜਨਵਰੀ ਨੂੰ ਵੱਡੇ ਪੱਧਰ ‘ਤੇ ਟਰੈਕਟਰ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਵੀ ਫ਼ੈਸਲਾ ਲਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ।