MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ

ਪਟਿਆਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਕੀਤੀ ਗਈ ਕਾਨਫ਼ਰੰਸ ਦੌਰਾਨ ਆਪਣੀ ਸਿਆਸੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦਾ ਐਲਾਨ ਕੀਤਾ ਗਿਆ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਪਟਿਆਲਾ ਵਿਖੇ ਹੋਟਲ ਰਨ ਬਾਸ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਜਦੋਂ ਪੱਤਰਕਾਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਬਣਾਉਣ ਦਾ ਹੱਕ ਹੈ ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਬਹੁਤ ਸਾਰੀਆਂ ਪਾਰਟੀਆਂ ਰਜਿਸਟਰਡ ਹਨ। ਉਹ ਅੱਗੇ ਕੀ ਏਜੰਡਾ ਲੈ ਕੇ ਆਉਂਦੇ ਹਨ, ਉਸ ਏਜੰਡੇ ਨੂੰ ਲੋਕ ਪਸੰਦ ਕਰਦੇ ਹਨ ਜਾ ਨਹੀਂ ਇਹ ਲੋਕਾਂ ‘ਤੇ ਹੀ ਨਿਰਭਰ ਕਰਦਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਅਕਸਰ ਆਖ਼ਦੇ ਰਹਿੰਦੇ ਹਨ ਕਿ ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਤੇ ਉਪਜਾਊ ਹੈ, ਇੱਥੇ ਜੋ ਮਰਜ਼ੀ ਬੀਜ ਲਓ ਉਹ ਉੱਗ ਪੈਂਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਉੱਗਦੇ। ਇੱਥੇ 2 ਭਾਈਚਾਰਿਆਂ ਨੂੰ ਲੜਵਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਹਰ ਕੋਸ਼ਿਸ਼ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲਾ ਸੂਬਾ ਹੈ। ਇੱਥੋਂ ਦੇ ਲੋਕ ਬਹੁਤ ਸਿਆਣੇ ਹਨ ਕਿਉਂਕਿ ਇਹ ਬਹੁਤ ਕੁਝ ਹੰਡਾਅ ਚੁੱਕੇ ਹਨ।

Leave a Reply

Your email address will not be published. Required fields are marked *