ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ ਐਸ਼ੋ-ਆਰਾਮ, ਮਹਿਮਾਨ ਨਿਵਾਜ਼ੀ ਅਤੇ ਸ਼ਾਨੋ-ਸ਼ੌਕਤ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ, ਜੋ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਸ਼ਾਨਦਾਰ ਹੋਟਲ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪੱਖੋਂ ਤੋਂ ਲੋਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਸੈਰ-ਸਪਾਟਾ ਖੇਤਰ ਵਿਸ਼ੇਸ਼ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸੈਲਾਨੀ ਇਸ ਹੋਟਲ ਵਿੱਚ ਆਰਾਮਦਾਇਕ ਠਹਿਰ ਅਤੇ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇਹ ਹੋਟਲ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਵਜੋਂ ਆਪਣੀ ਮੌਜੂਦਾ ਸਥਿਤੀ ਦੇ ਨਾਲ-ਨਾਲ ਡੈਸਟੀਨੇਸ਼ਨ ਵੈਡਿੰਗ ਲਈ ਤਰਜੀਹੀ ਸਥਾਨ ਵਜੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਵਿਲੱਖਣ ਸ਼ਾਨ ਤੋਂ ਇਲਾਵਾ ਇਹ ਹੋਟਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ।