ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਪੰਜਾਬ ‘ਚ ਬੰਦ ਕਰਵਾਉਣ ਸਬੰਧੀ ਧਾਮੀ ਨੇ ਮਾਨ ਲਿਖਿਆ ਪੱਤਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਪੰਜਾਬ ਵਿੱਚ ਬੰਦ ਕਰਵਾਉਣ ਸਬੰਧੀ ਪੱਤਰ ਲਿਖਿਆ ਹੈ।ਪੱਤਰ ਵਿੱਚ ਧਾਮੀ ਨੇ ਲਿਖਿਆ ਕਿ ਧਿਆਨ ਵਿੱਚ ਆਇਆ ਹੈ ਕਿ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ ਫ਼ਿਲਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ 17 ਜਨਵਰੀ 2025 ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ।

ਇਸ ਫ਼ਿਲਮ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਨੰ: 22211 ਮਿਤੀ 14.11.2024 ਰਾਹੀਂ ਅੰਤ੍ਰਿੰਗ ਕਮੇਟੀ ਦਾ ਮਤਾ ਨੰ: 798 ਮਿਤੀ 28.09.2024 ਭੇਜ ਕੇ ਪਹਿਲਾਂ ਹੀ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਜਿਸ ਰਾਹੀਂ ਇਹ ਸਪਸ਼ਟ ਕਿਹਾ ਗਿਆ ਸੀ ਕਿ ‘ਐਮਰਜੈਂਸੀ ਫ਼ਿਲਮ ਪੰਜਾਬ ਅੰਦਰ ਨਹੀਂ ਚੱਲਣ ਦਿੱਤੀ ਜਾਵੇਗੀ, ਕਿਉਂਕਿ ਇਹ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਮਤੇ ਰਾਹੀਂ ਸੂਬਾ ਸਰਕਾਰ ਪਾਸੋਂ ਪੰਜਾਬ ਅੰਦਰ ਇਸ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਤੁਹਾਡੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੀਕ ਕੋਈ ਕਦਮ ਨਹੀਂ ਉਠਾਇਆ। ਜੇਕਰ 17 ਜਨਵਰੀ 2025 ਨੂੰ ਇਹ ਫਿਲਮ ਰਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਣਾ ਕੁਦਰਤੀ ਹੈ।

Leave a Reply

Your email address will not be published. Required fields are marked *