ਅੰਮ੍ਰਿਤਸਰ, Punjab News: ਨਾਰਾਜ਼ ਅਕਾਲੀ ਆਗੂਆਂ ਨੇ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਵਾਲੇ ਨਾਰਾਜ਼ ਅਕਾਲੀ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਭਾਈ ਮਨਜੀਤ ਸਿੰਘ ਆਦਿ ਸ਼ਾਮਿਲ ਸਨ।
ਸਿੱਖ ਵਫ਼ਦ ਨੇ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਜਥੇਦਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ ਨਾਰਾਜ਼ਗੀ ਜ਼ਾਹਰ ਕੀਤੀ ਹੈ ਜੋ ਸ੍ਰੀ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ ਹੈ। ਸ੍ਰੀ ਵਡਾਲਾ ਨੇ ਕਿਹਾ ਕਿ ਜਥੇਦਾਰ ਨੇ ਆਖਿਆ ਕਿ ਪਾਰਟੀ ਵਿੱਚ ਭਰਤੀ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਤੋਂ ਐਲਾਨੀ ਗਈ ਸੱਤ ਮੈਂਬਰੀ ਕਮੇਟੀ ਨੂੰ ਹੀ ਸੌਂਪੀ ਗਈ ਹੈ। ਇਹ ਸੱਤ ਮੈਂਬਰੀ ਕਮੇਟੀ ਹੀ ਭਰਤੀ ਦੀ ਨਿਗਰਾਨੀ ਕਰੇਗੀ।
ਉਨ੍ਹਾਂ ਦੱਸਿਆ ਕਿ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ’ਤੇ ਇੱਕ ਪੱਤਰ ਵੀ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਸਬੰਧ ਵਿੱਚ ਮਿਲਣਗੇ।