ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਪੰਜਾਬ ਪੁਲਿਸ ਦੀ ਦੁਰਵਰਤੋ ਕਰਨ ਦਾ ਦੋਸ਼ ਲਾਉਂਦੇ ਹੋਏ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਓਐੱਸਡੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਲਾਹਕਾਰ ਬਿਭਵ ਕੁਮਾਰ ਨੂੰ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਮਜੀਠੀਆ ਨੇ ਜਾਰੀ ਬਿਆਨ ਵਿਚ ਕਿਹਾ ਕਿ ਸਰਕਾਰ ਨੇ ਜਿਸ ਵਿਅਕਤੀ ’ਤੇ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਦੋਸ਼ ਹੈ ਅਤੇ ਉਹ ਜੇਲ੍ਹ ਵਿਚ ਵੀ ਰਹਿ ਕੇ ਆਇਆ ਹੈ, ਨੂੰ ਸੁਰੱਖਿਆ ਛੱਤਰੀ ਮੁਹੱਈਆ ਕਰਵਾ ਕੇ ਨੈਤਿਕਤਾ ਛਿੱਕੇ ਟੰਗ ਦਿੱਤੀ ਹੈ। ਮਜੀਠੀਆ ਨੇ ਕਿਹਾ ਕਿ ਬਿਭਵ ਕੁਮਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਬਿਭਵ ਕੁਮਾਰ ਦਿੱਲੀ ਰਹਿੰਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਦਾ ਮਾਮਲਾ ਦਿੱਲੀ ਪੁਲਿਸ ਵੇਖ ਸਕਦੀ ਹੈ।