ਬੰਗਾ – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਬੰਗਾ ਦੇ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਕੰਮਕਾਜ ਦਾ ਜਾਇਜ਼ਾ ਲਿਆ, ਉਥੇ ਹੀ ਦਫ਼ਤਰ ਦਾ ਰਿਕਾਰਡ ਅਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਾ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੇ ਬਿਜਲੀ ਨਾਲ ਸਬੰਧੀ ਕੰਮ ਤਰਜੀਹ ਦੇ ਆਧਾਰ ”ਤੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।