ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਦੇ ਨਰਾਜ਼ ਧੜੇ ਨਾਲ ਸੰਬੰਧਿਤ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਾਬਕਾ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇੱਕ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਬਜ਼ ਹਾਕਮ ਧੜੇ ਦੇ ਖ਼ਿਲਾਫ਼ ਗੰਭੀਰ ਦੋਸ਼ ਲਾਏ ਹਨ ਅਤੇ ਕਾਰਵਾਈ ਦੀ ਅਪੀਲ ਕੀਤੀ ਹੈ।
ਇਹ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਨ, ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਕਿਰਨਜੋਤ ਕੌਰ, ਪਰਮਜੀਤ ਸਿੰਘ ਰਾਏਪੁਰ, ਜਥੇਦਾਰ ਹਰਦੇਵ ਸਿੰਘ, ਤੇਜਾ ਸਿੰਘ, ਸਾਬਕਾ ਮੈਂਬਰ ਹਰਬੰਸ ਸਿੰਘ ਮੰਝਪੁਰ ਤੇ ਹੋਰ ਸ਼ਾਮਿਲ ਹਨ।
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਇਹਨਾਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਭਾਵੇਂ ਨਹੀਂ ਮਿਲੇ ਪਰ ਉਹਨਾਂ ਨੇ ਸਕੱਤਰੇਤ ਵਿਖੇ ਆਪਣਾ ਦਰਖ਼ਾਸਤ ਰੂਪੀ ਪੱਤਰ ਦਿੱਤਾ ਹੈ। ਇਸ ਸੰਬੰਧ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਇਹਨਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁਖ ਆਪਣੇ ਦੋਸ਼ ਕਬੂਲੇ ਸਨ ਅਤੇ ਇਸ ਦੀ ਤਨਖਾਹ ਵੀ ਲਵਾਈ ਸੀ, ਪਰ ਹੁਣ ਉਹ ਲੋਕਾਂ ਵਿੱਚ ਇਹ ਆਖ ਰਹੇ ਹਨ ਕਿ ਉਹਨਾਂ ਦਾ ਕੋਈ ਦੋਸ਼ ਨਹੀਂ ਹੈ, ਉਹਨਾਂ ਉੰਝ ਹੀ ਸਾਰੇ ਗੁਨਾਹ ਆਪਣੇ ਸਿਰ ਲੈ ਲਏ ਸਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਖਿਆ ਕਿ ਇੱਕ ਕੋਝਾ ਮਜ਼ਾਕ ਹੈ ਅਤੇ ਇਸ ਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ ।
ਉਹਨਾਂ ਦੂਜਾ ਮਾਮਲਾ ਸ੍ਰੀ ਅਕਾਲ ਤਖ਼ਤ ਵੱਲੋਂ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਅਣਦੇਖਿਆਂ ਕਰਨਾ ਅਤੇ ਹੁਕਮਾਂ ਦੀ ਉਲੰਘਣਾ ਕਰਨ ਦਾ ਰੱਖਿਆ ਹੈ । ਤੀਜੇ ਮਾਮਲੇ ਵਿੱਚ ਉਹਨਾਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸਵ. ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖ਼ਰ-ਏ-ਕੌਮ ਵਾਪਸ ਲੈ ਲਿਆ ਗਿਆ ਸੀ, ਪਰ ਹੁਣ ਅਕਾਲੀ ਆਗੂ ਲੋਕਾਂ ਕੋਲੋਂ ਹੱਥ ਖੜੇ ਕਰਵਾ ਕੇ ਇਸ ਮਾਮਲੇ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਗਲਤੀਆਂ ਲਈ ਸ੍ਰੀ ਅਕਾਲ ਅਕਾਲ ਤਖ਼ਤ ਤੋਂ ਸੁਖਬੀਰ ਸਿੰਘ ਬਾਦਲ ਤੇ ਹੋਰਨਾ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।