ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਆਮ ਲੋਕਾਂ ਦੀਆਂ ‘ਬੋਗਸ ਵੋਟਾਂ’ ਦਰਜ ਕਰਨ ਦੇ ਦੋਸ਼ ਲਾਏ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਸਮੇਤ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ (ਸੇਵਾਮੁਕਤ) ਸੁਰਿੰਦਰ ਸਿੰਘ ਸਾਰੋਂ ਨਾਲ ਮੁਲਾਕਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੇ ਪੱਧਰ ’ਤੇ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਜ਼ਾਰਾਂ ਜਾਅਲੀ ਵੋਟਾਂ ਦਰਜ ਕੀਤੀਆਂ ਗਈਆਂ ਹਨ। ਚੀਮਾ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ‘ਸਿੰਘ’ ਅਤੇ ‘ਕੌਰ’ ਪਿਛੇਤਰ ਤੋਂ ਬਿਨਾਂ ਵੱਡੀ ਗਿਣਤੀ ਵਿੱਚ ਵੋਟਾਂ ਸ਼ਾਮਲ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ, “ਅਸੀਂ ਵੋਟਰ ਸੂਚੀਆਂ ਮੁਹੱਈਆ ਕਰਵਾਈਆਂ ਹਨ, ਜਿੱਥੇ ਨਾਵਾਂ ਤੋਂ ਬਾਅਦ ‘ਸਿੰਘ’ ਅਤੇ ‘ਕੌਰ’ ਗਾਇਬ ਸਨ।” ਚੀਮਾ ਨੇ ਕਿਹਾ ਕਿ ਅਸਲ ਵੋਟਾਂ ਦੀਆਂ ਸੂਚੀਆਂ ਵੀ ਗਾਇਬ ਹੋਣ ਦੀ ਵੀ ਸ਼ਿਕਾਇਤ ਮਿਲੀ ਹੈ। ਇਸ ਮੌਕੇ ਵਫ਼ਦ ਨੇ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਚੋਣ ਕਮਿਸ਼ਨ ਨੇ ਅਜੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰਨਾ ਹੈ।