ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੇ ਵਫਦ ਨੇ ਅੱਜ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਵਧਾਉਣ ਅਤੇ ਸਾਰੀਆਂ ਜਾਅਲੀ ਵੋਟਾਂ ਖ਼ਤਮ ਕਰਵਾਉਣ ਦੀ ਅਪੀਲ ਕੀਤੀ।
ਮੁੱਖ ਕਮਿਸ਼ਨਰ ਨੂੰ ਮੰਗ ਪੱਤਰ ਪੇਸ਼ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਸਟਿਸ ਸਾਰੋਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰੀ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਵੋਟਰ ਸੂਚੀਆਂ ਵਿਚੋਂ ਵੱਡੀ ਪੱਧਰ ’ਤੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਜਿਸ ਕਾਰਣ ਹਜ਼ਾਰਾਂ ਗੈਰ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟ ਦਾ ਅਧਿਕਾਰ ਮਿਲ ਗਿਆ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਅਣਗਿਣਤੀ ਸਹੀ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਤੇ ਜਾਅਲੀ ਬਣਾਈਆਂ ਗਈਆਂ ਹਨ ਜਿਸਦਾ ਮਕਸਦ ਕਿਸੇ ਵੀ ਤਰੀਕੇ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨਾ ਹੈ। ਸਰਦਾਰ ਨੇ ਮੁੱਖ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਵੋਟਰ ਸੂਚੀਆਂ ਦੀ ਸਮੀਖਿਆ ਲਈ ਹਦਾਇਤਾਂ ਜਾਰੀ ਕਰਨ ਤਾਂ ਜੋ ਜਾਅਲੀ ਵੋਟਾਂ ਕੱਟੀਆਂ ਜਾ ਸਕਣ।