ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ।
ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ-ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ।