ਚੰਡੀਗੜ੍ਹ : ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੱਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਅੱਜ ਵਿਸ਼ਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।