ਅੰਮ੍ਰਿਤਸਰ, ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਪੁੱਜਾ ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਬਾਅਦ ਦੁਪਹਿਰ 1:55 ਵਜੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਤਰ ਗਿਆ ਹੈ। ਜਹਾਜ਼ ਵਿਚ ਕੁੱਲ 205 ਭਾਰਤੀ ਸਵਾਰ ਦੱਸੇ ਜਾਂਦੇ ਹਨ। ਸੂਤਰਾਂ ਮੁਤਾਬਕ ਇਨ੍ਹਾਂ ਵਿਚੋਂ 104 ਜਣਿਆਂ ਨੂੰ ਅੰਮ੍ਰਿਤਸਰ ਵਿਚ ਉਤਾਰੇ ਜਾਣ ਦੀਆਂ ਰਿਪੋਰਟਾਂ ਹਨ। ਇਨ੍ਹਾਂ 104 ਵਿਅਕਤੀਆਂ ਵਿਚ 30 ਪੰਜਾਬ, 33 ਹਰਿਆਣਾ, 33 ਗੁਜਰਾਤ, 2 ਯੂਪੀ, 3 ਮਹਾਰਾਸ਼ਟਰ ਤੇ ਦੋ ਚੰਡੀਗੜ੍ਹ ਨਾਲ ਸਬੰਧਤ ਹਨ। ਇਨ੍ਹਾਂ ਸਾਰਿਆਂ ਨੂੰ ਮੰਗਲਵਾਰ ਨੂੰ ਟੈਕਸਸ ਦੇ ਸਾਂ ਐਨਟੋਨੀਓ ਤੋਂ ਸੀ-17 ਜਹਾਜ਼ ਰਾਹੀਂ ਭਾਰਤ ਡਿਪੋਰਟ ਕੀਤਾ ਗਿਆ ਸੀ। ਬਾਕੀ ਬਚਦੇ 101 ਗੈਰਕਾਨੂੰਨੀ ਪਰਵਾਸੀਆਂ ਦੀ ਸ਼ਨਾਖਤ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ ਤੇ ਇਹ ਕਿਸੇ ਦੂਜੇ ਮੁਲਕ ਦੇ ਨਾਗਰਿਕ ਵੀ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਉਤਾਰੇ ਗਏ 104 ਭਾਰਤੀਆਂ ਦੇ ਪਹਿਲਾਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਜੇ ਇਨ੍ਹਾਂ ਵਿਚੋਂ ਕਿਸੇ ਦਾ ਅਪਰਾਧਿਕ ਰਿਕਾਰਡ ਮਿਲਦਾ ਹੈ ਤਾਂ ਉਸ ਨੂੰ ਰੋਕ ਕੇ ਬਾਕੀਆਂ ਨੂੰ ਉਨ੍ਹਾਂ ਦੇ ਸਬੰਧਤ ਰਾਜਾਂ ਜਾਂ ਜ਼ਿਲ੍ਹਿਆਂ ਲਈ ਰਵਾਨਾ ਕਰ ਦਿੱਤਾ ਜਾਵੇਗਾ। ਪੰਜਾਬ ਨਾਲ ਸਬੰਧਤ ਪਰਵਾਸੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਭੇਜਣ ਲਈ ਸਬੰਧਤ ਜ਼ਿਲ੍ਹਿਆਂ ਤੋਂ ਵਾਹਨਾਂ ਦਾ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ ਹੈ।
Deported Indians ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ’ਤੇ ਉੱਤਰਿਆ
