ਸ੍ਰੀ ਮੁਕਤਸਰ ਸਾਹਿਬ, ਕੇਂਦਰ ਸਰਕਾਰ ਦੇ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਤੇ ਸਹੂਲਤ ਨਾ ਦਿੱਤੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਨੇ ਇਸ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਮੀਰਾਂ ਤੇ ਸਰਮਾਏਦਾਰਾਂ ਨੂੰ ਲਾਭ ਦਿੰਦੀ ਹੈ ਜਦੋਂ ਕਿ ਕਿਸਾਨਾਂ ਲਈ ਉਨ੍ਹਾਂ ਦੇ ਬੋਝੇ ਖਾਲੀ ਹੋ ਜਾਂਦੇ ਹਨ। ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਾਰਨਾ ਚਾਹੁੰਦੀ ਹੈ ਜਿਸ ਕਰਕੇ ਬਜਟ ਵਿਚ ਕੋਈ ਸਹੂਲਤ ਨਹੀਂ ਦਿੱਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ।
ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਫੂਲ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਸੁੱਖਾ ਸਿੰਘ ਭਾਗਸਰ, ਸੁਖਦੇਵ ਮਲੋਟ, ਸਰਬਜੀਤ ਸਿੰਘ ਅਕਾਲਗੜ੍ਹ ਕਿਰਤੀ ਕਿਸਾਨ ਯੂਨੀਅਨ ਬਲਜੀਤ ਸਿੰਘ ਲੰਡੇਰੋਡੇ ਜ਼ਿਲ੍ਹਾ ਪ੍ਰਧਾਨ, ਭਿੰਦਰ ਸਿੰਘ ਥਾਂਦੇਵਾਲਾ, ਬਲਜੀਤ ਸਿੰਘ ਝਬੇਲਵਾਲੀ, ਕੁਲਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਜ਼ਿਲ੍ਹਾ ਖਜਾਨਚੀ ਨਗਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜੁਗਰਾਜ ਸਿੰਘ, ਬੀਕੇਯੂ ਲੱਖੋਵਾਲੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ।