ਨਵੀਂ ਦਿੱਲੀ, ਭਾਜਪਾ ਨੇ ਅੱਜ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਉਹ ਭਗਵੰਤ ਮਾਨ ਜੀ ਨੂੰ ਅਯੋਗ ਦੱਸ ਕੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’
ਰਾਜੌਰੀ ਗਾਰਡਨ ਹਲਕੇ ਤੋਂ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸਿਰਸਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਥਿਤ ਤੌਰ ’ਤੇ ਨਾਕਾਮ ਰਹਿਣ ਅਤੇ ਔਰਤਾਂ ਨੂੰ 1000 ਰੁਪਏ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਦਾ ਸਾਰਾ ਦੋਸ਼ ਮਾਨ ਸਿਰ ਮੜ੍ਹਨਾ ਚਾਹੁੰਦੇ ਹਨ। ਸਿਰਸਾ ਨੇ ਕਿਹਾ, ‘‘ਉਹ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਕਹਿ ਰਿਹਾ ਹੈ ਕਿ ਕੇਜਰੀਵਾਲ ਇੱਕ ‘ਚੰਗਾ ਆਦਮੀ’ ਹੈ ਅਤੇ ਉਸ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ!’’
ਭਾਜਪਾ ਆਗੂ ਨੇ ਭਗਵੰਤ ਮਾਨ ਨੂੰ ਅਜਿਹਾ ਕੁਝ ਵਾਪਰਨ ਤੋਂ ਪਹਿਲਾਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਅਜਿਹਾ ਵਿਅਕਤੀ ਨਹੀਂ ਚਾਹੁੰਦੇ ਜਿਸ ਨੇ ਦਿੱਲੀ ਨੂੰ ਬਰਬਾਦ ਕਰ ਕੇ ਪੰਜਾਬ ਨੂੰ ਹੋਰ ਤਬਾਹ ਕਰ ਦਿੱਤਾ। ਕੋਈ ਵੀ ਪੰਜਾਬੀ ਉਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਕੇਜਰੀਵਾਲ ਜੀ ਇਹ ਸੁਪਨਾ ਭੁੱਲ ਜਾਓ।’’
ਚੇਤੇ ਰਹੇ ਕਿ ਕੇਜਰੀਵਾਲ ਨੇ ਮੰਗਲਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਪੰਜਾਬ ਦੇ ਪਾਰਟੀ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਦਿੱਲੀ ਚੋਣਾਂ ਦੇ ਨਤੀਜਿਆਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਪੰਜਾਬ ਇਕਲੌਤਾ ਅਜਿਹਾ ਸੂਬਾ ਹੈ ਜਿੱਥੇ ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ 117 ’ਚੋਂ 92 ਸੀਟਾਂ ਜਿੱਤੀਆਂ ਹਨ।
ਹਾਲਾਂਕਿ ਭਲਕੇ ਹੋਣ ਵਾਲੀ ਮੀਟਿੰਗ ਦੇ ਏਜੰਡੇ ਬਾਰੇ ਸਪਸ਼ਟ ਨਹੀਂ ਹੈ, ਪਰ ਪਤਾ ਲੱਗਾ ਹੈ ਕਿ ਕੇਜਰੀਵਾਲ ਪਾਰਟੀ ਵਿਧਾਇਕਾਂ ਨੂੰ ਸਬੰਧਤ ਹਲਕਿਆਂ ਵਿੱਚ ਵੋਟਰਾਂ ਨਾਲ ‘ਆਮ ਆਦਮੀ’ ਵਜੋਂ ਮੁੜ ਜੁੜਨ ਲਈ ਕਹਿਣਗੇ।