ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ (ਮੰਗਲਵਾਰ ਨੂੰ) ਹੋਣ ਵਾਲੀ ਮੀਟਿੰਗ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਚ ਹੋਵੇਗੀ।
ਧਾਮੀ ਨੇ ਦੱਸਿਆ ਕਿ ਇਹ ਬੈਠਕ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਸ੍ਰੀ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਚ ਹੋਵੇਗੀ।
ਦੱਸਣਯੋਗ ਹੈ ਕਿ ਇਹ ਸੱਤ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਹੈ, ਜਿਸ ਦੀ ਇੱਕ ਬੈਠਕ ਪਹਿਲਾਂ ਹੋ ਚੁੱਕੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਨਿਗਰਾਨ ਕਮੇਟੀ ਦੇ ਕਾਰਜਸ਼ੀਲ ਹੋਣ ਤੋਂ ਪਹਿਲਾਂ ਹੀ ਆਪਣੀ ਭਰਤੀ ਸ਼ੁਰੂ ਕੀਤੀ ਜਾ ਚੁੱਕੀ ਹੈ ਜੋ ਕਿ 20 ਫਰਵਰੀ ਨੂੰ ਸਮਾਪਤ ਹੋ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 25 ਲੱਖ ਤੋਂ ਵੱਧ ਮੈਂਬਰਾਂ ਦੀ ਭਰਤੀ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ।