ਬਰਨਾਲਾ : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇਸ ਵੀਰਵਾਰ ਯਾਨੀ 13 ਫ਼ਰਵਰੀ ਨੂੰ ਬਠਿੰਡਾ ਦੇ ਜਿਓਂਦ ਪਿੰਡ ਵਿਚ ਵੱਡੀ ਰੈਲੀ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿਚ ਕਿਸਾਨਾਂ ਦੇ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਲੋਕਾਂ ਨੂੰ ਵੱਡੇ ਕਾਫ਼ਲੇ ਨਾਲ ਪਹੁੰਚਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 13 ਫ਼ਰਵਰੀ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਓਂਦ ਵਿਚ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਲਈ ਲੋਕਾਂ ਨੂੰ ਇਕੱਤਰ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਪੋਰੇਟ ਸਮਰਥਕ ਨੀਤੀਆਂ ਜ਼ਰੀਏ ਪੰਜਾਬ ਦੀਆਂ ਜ਼ਮੀਨਾਂ ‘ਤੇ ਵੱਡਾ ਹਮਲਾ ਕੀਤਾ ਜਾ ਰਿਹਾ ਹੈ। ਸਰਾਕਰ ਭਾਰਤ ਮਾਲਾ ਪ੍ਰਾਜੈਕਟ, ਸੜਕਾਂ, ਗੈਸ ਪਾਈਪਲਾਈਨਾਂ ਤੇ ਨਵੀਂ ਖੇਤੀ ਬਾਜ਼ਾਰ ਨੀਤੀ ਰਾਹੀਂ ਜ਼ਮੀਨਾਂ ਐਕਵਾਇਰ ਕਰ ਰਹੀ ਹੈ। ਇਸ ਤੋਂ ਇਲਾਵਾ 1952 ਦੇ ਕਾਸ਼ਤਕਾਰਾਂ ਵੱਲੋਂ ਕਬਜ਼ਾਈਆਂ ਗਈਆਂ ਜ਼ਮੀਨਾਂ ‘ਤੇ ਕਿਸਾਨਾਂ ਨੂੰ ਹੱਕ ਦਿਵਾਉਣ ਲਈ ਸੰਘਰਸ਼ ਚੱਲ ਰਿਹਾ ਹੈ। ਸਰਕਾਰ ਕਿਸੇ ਨਾ ਕਿਸੇ ਬਹਾਨੇ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿਚ ਨਵੀਂ ਖੇਤੀ ਨੀਤੀ ਦੇ ਡਰਾਫਟ ਨੂੰ ਰੱਦ ਕਰੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਦਿੱਲੀ ਸਰਕਾਰ ਦੀਆਂ ਨੀਤੀਆਂ ਪ੍ਰਤੀ ਰਿਹਾ ਹੈ। ਕਿਸੇ ਵੀ ਪਾਰਟੀ ਦੀ ਸਰਕਾਰ ਨੇ ਅੱਜ ਤਕ ਕਿਸਾਨਾਂ ਦੇ ਹੱਕ ਵਿਚ ਕੋਈ ਨੀਤੀ ਨਹੀਂ ਬਣਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਘਰਸ਼ ਜਾਰੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਕ ਇਕ ਵੱਡਾ ‘ਭੂਮੀ ਯੁੱਧ’ ਚੱਲ ਰਿਹਾ ਹੈ ਤੇ ਇਕਜੁੱਟ ਸੰਘਰਸ਼ ਤੋਂ ਬਿਨਾ ਕੋਈ ਰਾਹ ਨਹੀਂ ਨਿਕਲੇਗਾ।