ਗੁਰਦਾਸਪੁਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ 9:15 ਵਜੇ ਤਹਿਸੀਲ ਦਫ਼ਤਰ ਗੁਰਦਾਸਪੁਰ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਗੈਰ ਹਾਜ਼ਰ ਪਾਏ ਗਏ ਕਰਮੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਇਸ ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਹ ਹਦਾਇਤਾਂ ਹਨ ਕਿ ਸਾਰੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਆਪਣੇ ਦਫ਼ਤਰਾਂ ਵਿੱਚ ਪਹੁੰਚ ਕੇ ਕੰਮ ਕਰਵਾਉਣ ਆਏ ਲੋਕਾਂ ਦੇ ਪਹਿਲ ਦੇ ਅਧਾਰ ‘ਤੇ ਕੰਮ ਕਰਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 9:15 ਵਜੇ ਤਹਿਸੀਲ ਦਫ਼ਤਰ, ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਅਤੇ ਇਨ੍ਹਾਂ ਦਫ਼ਤਰਾਂ ਦਾ ਕੁਝ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੇਟ ਹੋਣ ਵਾਲੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।