ਚੰਡੀਗੜ੍ਹ- ਖਨੌਰੀ ਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਉਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ(ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਕਰਨਗੇ। ਦੱਸ ਦੇਈਏ ਕਿ ਮੀਟਿੰਗ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਜਾਇਆ ਗਿਆ। ਡਾਕਟਰਾਂ ਦੀ ਇੱਕ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਹੈ, ਜੋ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਦੌਰਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਲਗਾਤਾਰ ਸੰਘਰਸ਼ ਅਤੇ ਬਦਲਦੇ ਮੌਸਮ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਦੀ ਸਿਹਤ ਦੀ ਹਾਲਤ ਨੂੰ ਵੇਖਦਿਆਂ, ਡਾਕਟਰਾਂ ਨੇ ਤੁਰੰਤ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰਨ ਦਾ ਫੈਸਲਾ ਕੀਤਾ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਨ ਦੀ ਖ਼ਬਰ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਹੈ। ਅੰਦੋਲਨਕਾਰੀ ਕਿਸਾਨ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ। ਕਿਸਾਨ ਆਗੂ ਡੱਲੇਵਾਲ ਲੰਬੇ ਸਮੇਂ ਤੋਂ ਕਿਸਾਨਾਂ ਦੇ ਹੱਕਾਂ ਲਈ ਲੜ ਰਹੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਅੰਦੋਲਨ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।